ਸਿੱਧੂ ਮੂਸੇਵਾਲਾ ਦੇ ਕਤਲ ਦੀ ਕਥਿਤ ਤੌਰ ’ਤੇ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਖ਼ਿਲਾਫ਼ ਕੌਮਾਂਤਰੀ ਏਜੰਸੀ ਇੰਟਰਪੌਲ ਨੇ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ, ਇਹ ਨੋਟਿਸ ਸਿੱਧੂ ਮੂਸੇਵਾਲਾ ਕੇਸ ਵਿੱਚ ਨਹੀਂ ਸਗੋਂ ਦੋ ਪੁਰਾਣੇ ਮਾਮਲਿਆਂ ਵਿੱਚ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਸੀਬੀਆਈ ਨੂੰ ਇਹ ਨੋਟਿਸ ਜਾਰੀ ਕਰਨ ਲਈ ਗੁਜਾਰਿਸ਼ ਕੀਤੀ ਗਈ ਸੀ।

ਇਸ ਤੋਂ ਇਲਾਵਾ ਪੰਜਾਬ ਤੇ ਮਹਾਰਾਸ਼ਟਰ ਸਣੇ ਕਈ ਸੂਬਿਆਂ ਵਿੱਚ ਲੋੜੀਂਦੇ ਹਰਵਿੰਦਰ ਸਿੰਘ ਰਿੰਦਾ ਖ਼ਿਲਾਫ਼ ਵੀ ਰੈੱਡ ਕਾਰਨਰ ਨੋਟਿਸ ਜਾਰੀ ਹੋਇਆ ਹੈ। ਹਰਵਿੰਦਰ ਸਿੰਘ ਰਿੰਦਾ ਖਿਲਾਫ਼ ਇਹ ਨੋਟਿਸ ਪੰਜਾਬ ਵਿੱਚ ਵਾਪਰੀਆਂ ਵੱਖ-ਵੱਖ ਅੱਤਵਾਦੀ ਘਟਨਾਵਾਂ ਵਿੱਚ ਰਿੰਦਾ ਦੀ ਕਥਿਤ ਭੂਮਿਕਾ ਕਾਰਨ ਜਾਰੀ ਹੋਇਆ ਹੈ।

ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੋਲਡੀ ਬਰਾੜ ਕੈਨੇਡਾ ਵਿੱਚ ਹੈ ਤੇ ਰਿੰਦਾ ਦੇ ਪਾਕਿਸਤਾਨ ਵਿੱਚ ਹੋਣ ਦੀ ਗੱਲ ਕੀਤੀ ਜਾ ਰਹੀ ਹੈ।ਰੈੱਡ ਕਾਰਨਰ ਨੋਟਿਸ ਤਹਿਤ ਜੇਕਰ ਗ੍ਰਿਫ਼ਤਾਰੀ ਹੋ ਜਾਂਦੀ ਹੈ, ਤਾਂ ਭਾਰਤ ਸਰਕਾਰ ਨੂੰ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਹਵਾਲਗੀ ਦੀ ਪ੍ਰਕਿਰਿਆ ਦਾ ਪਾਲਣ ਕਰਕੇ ਉਨ੍ਹਾਂ ਨੂੰ ਭਾਰਤ ਲਿਆਉਣਾ ਪਵੇਗਾ।

ਸਿੱਧੂ ਮੂਸੇਵਾਲਾ ਪੰਜਾਬੀ ਦੇ ਕੌਮਾਂਤਰੀ ਪੱਧਰ ਦੇ ਪੌਪ ਸਟਾਰ ਸਨ। 29 ਮਈ 2022 ਨੂੰ ਉਨ੍ਹਾਂ ਦਾ ਮਾਨਸਾ ਜ਼ਿਲ੍ਹੇ ਦੇ ਜਵਾਹਰਕੇ ਪਿੰਡ ਵਿੱਚ ਕੁਝ ਹਮਲਾਵਰਾਂ ਵੱਲੋਂ ਆਧੁਨਿਕ ਹਥਿਆਰਾਂ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਸਿੱਧੂ ਮੂਸੇਵਾਲਾ ਜਿੰਨੇ ਮਸ਼ਹੂਰ ਸਨ ਉਨੇ ਹੀ ਆਪਣੀ ਗਾਇਕੀ ਅਤੇ ਬਿਆਨਾਂ ਕਾਰਨ ਵਿਵਾਦਾਂ ਵਿੱਚ ਵੀ ਘਿਰੇ ਰਹਿੰਦੇ ਸਨ। ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਐਸਆਈਟੀ ਬਣਾਈ ਗਈ ਹੈ। ਪੁਲਿਸ ਨੇ ਇਸ ਕੇਸ ਵਿੱਚ 8 ਗ੍ਰਿਫ਼ਤਾਰੀਆਂ ਕੀਤੀਆਂ ਹਨ। ਪੰਜਾਬ ਪੁਲਿਸ ਨੇ ਉਨ੍ਹਾਂ ਦੇ ਦਿਨ-ਦਿਹਾੜੇ ਕਤਲ ਨੂੰ ਗੈਂਗਵਾਰ ਨਾਲ ਜੋੜਿਆ ਹੈ। ਕਬੱਡੀ ਖਿਡਾਰੀ ਨੰਗਲ ਅੰਬੀਆਂ ਅਤੇ ਸਿੱਧੂ ਮੂਸੇਵਾਲਾ ਦੇ ਕਤਲ ਵਰਗੀਆਂ ਘਟਨਾਵਾਂ ਨੇ ਪੰਜਾਬ ਦੇ ਸਮੁੱਚੇ ਮਾਹੌਲ ਨੂੰ ਗਮਗੀਨ ਕੀਤਾ ਹੈ।

ਰੈੱਡ ਕਾਰਨਰ ਨੋਟਿਸ ਨੂੰ ਅਧਿਕਾਰਤ ਭਾਸ਼ਾ ਵਿੱਚ ਰੈੱਡ ਨੋਟਿਸ ਕਿਹਾ ਜਾਂਦਾ ਹੈ, ਜੇਕਰ ਕੋਈ ਮੁਜਰਮ ਪੁਲਿਸ ਅਤੇ ਜਾਂਚ ਏਜੰਸੀਆਂ ਤੋਂ ਬਚਣ ਲਈ ਦੂਜੇ ਮੁਲਕ ਵਿੱਚ ਭੱਜ ਜਾਂਦਾ ਹੈ ਤਾਂ ਰੈੱਡ ਕਾਰਨਰ ਨੋਟਿਸ ਅਜਿਹੇ ਮੁਲਜ਼ਮਾਂ ਬਾਰੇ ਦੁਨੀਆਂ ਭਰ ਦੀ ਪੁਲਿਸ ਨੂੰ ਸੁਚੇਤ ਕਰਦਾ ਹੈ।ਇਹ ਨੋਟਿਸ ਸਰੰਡਰ ਕਰਨ, ਹਵਾਲਗੀ, ਗ੍ਰਿਫ਼ਤਾਰੀ ਲਈ ਜਾਂ ਫਿਰ ਕਿਸੇ ਤਰ੍ਹਾਂ ਦੀ ਕਾਨੂੰਨ ਕਾਰਵਾਈ ਕਰਨ ਲਈ ਜਾਰੀ ਹੁੰਦਾ ਹੈ। ਇਸ ਨੋਟਿਸ ਨੂੰ ਕੌਮਾਂਤਰੀ ਏਜੰਸੀ ਇੰਟਰਪੋਲ ਵੱਲੋਂ ਜਾਰੀ ਕੀਤਾ ਜਾਂਦਾ ਹੈ।ਜਦੋਂ ਇੰਟਰਪੋਲ ਦੀ ਮਦਦ ਨਾਲ ਕਿਸੇ ਵੀ ਦੇਸ ਦੀ ਪੁਲਿਸ ਅਜਿਹੇ ਵਿਅਕਤੀ ਨੂੰ ਫੜ ਲੈਂਦੀ ਹੈ ਤਾਂ ਜਿਸ ਦੇਸ ਵਿੱਚ ਉਹ ਮੁਲਜ਼ਮ ਲੋੜੀਂਦਾ ਹੈ ਉਸ ਦੇਸ ਨੂੰ ਹਵਾਲਗੀ ਲੈਣ ਲਈ ਪ੍ਰਕਿਰਿਆ ਦਾ ਪਾਲਣ ਕਰਨਾ ਪੈਂਦਾ ਹੈ।ਸੁਪਰੀਮ ਕੋਰਟ ਵੱਲੋਂ ਤੈਅ ਕੀਤੀ ਗਈ ਪਰਿਭਾਸ਼ਾ ਮੁਤਾਬਕ ਹਵਾਲਗੀ ਉਹ ਪ੍ਰਕਿਰਿਆ ਹੈ ਜਿਸ ਵਿੱਚ ਇੱਕ ਮੁਲਕ ਵੱਲੋਂ ਦੂਜੇ ਮੁਲਕ ਤੋਂ ਇੱਕ ਅਜਿਹੇ ਸ਼ਖ਼ਸ ਨੂੰ ਹਵਾਲੇ ਕਰਨ ਦੀ ਗੁਜਾਰਿਸ਼ ਕੀਤੀ ਜਾਂਦੀ ਹੈ, ਜਿਸ ਨੂੰ ਸਬੰਧਤ ਦੇਸ਼ ਦੀਆਂ ਅਦਾਲਤਾਂ ਵਿੱਚ ਦੋਸ਼ੀ ਠਹਿਰਾਇਆ ਗਿਆ ਹੋਵੇ।

ਉਹ ਲੋਕ, ਜੋ ਕਿਸੇ ਜੁਰਮ ਵਿੱਚ ਸ਼ਾਮਲ ਹੋਣ ਜਾਂ ਉਨ੍ਹਾਂ ਖ਼ਿਲਾਫ਼ ਕੋਈ ਗੰਭੀਰ ਜੁਰਮ ਦਾ ਇਲਜ਼ਾਮ ਲੱਗਣ ਤੋਂ ਬਾਅਦ ਅਦਾਲਤੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੋਵੇ ਅਤੇ ਜਾਂ ਫਿਰ ਉਨ੍ਹਾਂ ਨੂੰ ਜੋ ਪੁਲਿਸ ਜਾਂ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਗਿਆ ਹੋਵੇ।ਇੱਥੇ ਇਹ ਵੀ ਦੱਸਣਯੋਗ ਹੈ ਕਿ ਇੱਕ ਦੇਸ ਹਵਾਲਗੀ ਉਦੋਂ ਹੀ ਦੇਵੇਗਾ ਜੇ ਸਬੰਧਤ ਮੁਲਜ਼ਮ ਵੱਲੋਂ ਕੀਤੇ ਗਏ ਅਪਰਾਧ, ਉਸ ਦੇ ਦੇਸ ਵਿੱਚ ਵੀ ਅਪਰਾਧ ਮੰਨੇ ਜਾਂਦੇ ਹੋਣ।