ਚੰਡੀਗੜ੍ਹ, 2 ਜਨਵਰੀ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ ਅਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸੂਬੇ ਵਿੱਚੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਨੂੰ ਖਤਮ ਕਰਨ ਲਈ ਚੰਨੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਸਿਆਸੀ ਖੇਡ ਖੇਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦੇ ਹੀ ਸੂਬੇ ਦੀ ਚੰਨੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਕਮਜ਼ੋਰ ਐੱਫਆਈਆਰ ਦਰਜ ਕਰਕੇ ਸਿਰਫ਼ ਸਿਆਸੀ ਡਰਾਮਾ ਰਚਿਆ ਹੈ। ਉਨ੍ਹਾਂ ਕਿਹਾ ਕਿ ਐੱਫਆਈਆਰ 20 ਦਸੰਬਰ ਨੂੰ ਦਰਜ ਹੋਈ ਸੀ। ਅੱਜ ਦੋ ਹਫ਼ਤੇ ਹੋ ਗਏ ਹਨ ਪਰ ਮਜੀਠੀਆ ਅਗਾਊਂ ਜ਼ਮਾਨਤ ਰੱਦ ਹੋਣ ਦੇ ਬਾਵਜੂਦ ਖੁੱਲ੍ਹੇਆਮ ਘੁੰਮ ਰਿਹਾ ਹੈ। ਨਵੇਂ ਸਾਲ ਦੇ ਮੌਕੇ ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਮਜੀਠੀਆ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਗ੍ਰਿਫ਼ਤਾਰ ਨਾ ਕਰਨ ਲਈ ਪੰਜਾਬ ਸਰਕਾਰ ਤੇ ਬਾਦਲ ਪਰਿਵਾਰ ਵਿਚਾਲੇ ਸਮਝੌਤਾ ਹੋਇਆ ਹੈ। ਰਾਘਵ ਚੱਢਾ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਇੱਕ ਸਟੈਂਡਰਡ ਆਪ੍ਰੇਸ਼ਨ ਪ੍ਰੋਸੀਜ਼ਰ (ਐਸਓਪੀ) ਲਾਗੂ ਹੈ ਕਿ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਮੁਲਜ਼ਮ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਜਾਂਦਾ ਹੈ ਪਰ ਪੰਜਾਬ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ ਅਜਿਹਾ ਨਹੀਂ ਕੀਤਾ ਜਾ ਰਿਹਾ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਪੁਲੀਸ ਵੱਲੋਂ ਦਰਜ ਕੀਤੇ ਗਏ ਕੇਸ ਦਾ ਵਿਰੋਧ ਕਰਦਿਆਂ ਅੱਜ ਯੂਥ ਅਕਾਲੀ ਦਲ ਵੱਲੋਂ ਇੱਥੇ ਡਿਪਟੀ ਕਮਿਸ਼ਨਰ ਦਫਤਰ ਨੇੜੇ ਰੋਸ ਵਿਖਾਵਾ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਦਾ ਪੁਤਲਾ ਵੀ ਸਾੜਿਆ। ਇਸ ਦੌਰਾਨ ਪੰਜਾਬ ਦੇ ਰਾਜਪਾਲ ਦੇ ਨਾਂ ਇਕ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਵਿਚ ਸ੍ਰੀ ਮਜੀਠੀਆ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਗਈ।

ਇਸ ਸਬੰਧ ਵਿਚ ਅੱਜ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕਿਰਨਪ੍ਰੀਤ ਸਿੰਘ ਮੋਨੂੰ, ਰਾਣਾ ਰਣਬੀਰ ਸਿੰਘ ਲੋਪੋਕੇ ਤੇ ਹੋਰ ਆਗੂਆਂ ਦੀ ਅਗਵਾਈ ਹੇਠ ਇਕ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀ ਪੁਲੀਸ ਕਮਿਸ਼ਨਰ ਦਫਤਰ ਨੇੜੇ ਇਕੱਠੇ ਹੋਏ ਅਤੇ ਮਾਰਚ ਕਰਦੇ ਹੋਏ ਚੌਕ ਵਿੱਚ ਪੁੱਜੇ, ਜਿੱਥੇ ਉਨ੍ਹਾਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸੇ ਮਾਮਲੇ ਨੂੰ ਲੈ ਕੇ ਅੱਜ ਸੂਬੇ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ।

ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦਾ ਪੁਤਲਾ ਸਾੜਿਆ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਮਜੀਠੀਆ ਖ਼ਿਲਾਫ਼ ਦਰਜ ਕੇਸ ਰੱਦ ਕੀਤਾ ਜਾਵੇ। ਇਸ ਮੌਕੇ ਲਾਲੀ ਰਣੀਕੇ, ਸੰਦੀਪ ਸਿੰਘ ਏਆਰ, ਹਰਜੀਤ ਸਿੰਘ ਮੀਆਂਵਿੰਡ, ਗੁਰਜਿੰਦਰ ਸਿੰਘ ਸਠਿਆਲਾ, ਬਿਕਰਮਜੀਤ ਸਿੰਘ ਹੁੰਦਲ ਆਦਿ ਆਗੂ ਹਾਜ਼ਰ ਸਨ।

ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਕੀਤੇ ਗਏ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਦਿਆਂ ਯੂਥ ਅਕਾਲੀ ਦਲ ਨੇ ਦੋਸ਼ ਲਾਇਆ ਕਿ ਇਹ ਸਾਰਾ ਕੁਝ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਖੁਸ਼ ਕਰਨ ਲਈ ਕੀਤਾ ਗਿਆ ਹੈ। ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਦੀ ਅਗਵਾਈ ਵਿਚ ਅੱਜ ਇੱਥੇ ਕੱਢੇ ਗਏ ਰੋਸ ਮਾਰਚ ਦੌਰਾਨ ਪਾਰਟੀ ਵਰਕਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਨ੍ਹਾਂ ਆਗੂਆਂ ਨੇ ਪੰਜਾਬ ਦੇ ਰਾਜਪਾਲ ਦੇ ਨਾਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ, ਜਿਸ ਵਿਚ ਮਜੀਠੀਆ ਵਿਰੁੱਧ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ ਗਈ। ਇਸ ਰੋਸ ਮਾਰਚ ਵਿਚ ਕਰਮਵੀਰ ਸਿੰਘ ਕੁੱਕੜ ਪਿੰਡ, ਨਿਰਵੈਰ ਸਿੰਘ, ਪਰਮਿੰਦਰ ਸਿੰਘ, ਸੁਖਜਿੰਦਰ ਸਿੰਘ, ਅਸ਼ਵਨੀ ਕੁਮਾਰ, ਇੰਦਰਜੀਤ ਸਿੰਘ ਬੱਬਰ, ਦਮਨਪ੍ਰੀਤ ਸਿੰਘ ਤੇ ਚਰਨਜੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।