ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਜੋ ਦੋਸ਼ੀ ਫੜੇ ਗਏ ਹਨ ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਪੰਜਾਬੀ ਗਾਇਕ ਮਨਕੀਰਤ ਔਲਖ ਵੀ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ।

ਉਨ੍ਹਾਂ ਪੁੱਛਗਿੱਛ ਦੌਰਾਨ ਦੱਸਿਆ ਕਿ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ 2 ਗਰੁੱਪ ਹਨ ਜਿਨ੍ਹਾਂ ‘ਚ ਬੰਬੀਹਾ ਗਰੁੱਪ ਅਤੇ ਲੱਕੀ ਪਟਿਆਲਾ ਸ਼ਾਮਲ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਨਕੀਰਤ ਔਲਖ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਸੁਰੱਖਿਆ ਦਾ ਮੁੱਦਾ ਚੁੱਕ ਸਕਦੇ ਹਨ।

ਮੋਹਾਲੀ ਪੁਲਸ ਨੇ ਅੱਜ ਗੈਂਗਸਟਰ ਲੱਕੀ ਪਟਿਆਲ ਦੇ ਖ਼ਾਸ ਗੁਰਗੇ ਯੋਧਾ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਕੋਲੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਇਸ ਗੱਲ ਦੀ ਪੁਸ਼ਟੀ ਮੋਹਾਲੀ ਦੇ ਐੱਸ. ਐੱਸ. ਪੀ. ਹਰਜੀਤ ਸਿੰਘ ਨੇ ਕੀਤੀ ਹੈ। ਐੱਸ. ਐੱਸ. ਪੀ. ਮੋਹਾਲੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੰਬੀਹਾ ਗਰੁੱਪ ਅਤੇ ਅਰਮੀਨੀਆ ਜੇਲ੍ਹ ਵਿੱਚ ਬੰਦ ਲੱਕੀ ਪਟਿਆਲ ਦੇ ਖ਼ਾਸ ਗੁਰਗੇ ਯੋਧਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ ਨਾਜਾਇਜ਼ ਹਥਿਆਰਾਂ ਦੇ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਹੁਣ ਗੈਂਗਸਟਰਾਂ ਦੇ ਨਿਸ਼ਾਨੇ ਉਤੇ ਕਈ ਪੰਜਾਬੀ ਗਾਇਕ ਹੈ। ਪੰਜਾਬੀ ਗਾਇਕਾਂ ਦੀ ਰੇਕੀ ਕੀਤੀ ਗਈ।

ਪੁਲਸ ਨੂੰ ਕਬੱਡੀ ਖਿਡਾਰੀ ਕਤਲ ਕਾਂਡ ‘ਚ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਾਂ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦੇ ਗਏ ਗੈਂਗਸਟਰਾਂ ਤੋਂ ਪੁੱਛਗਿੱਛ ਦੌਰਾਨ ਕਈ ਵੱਡੇ ਖ਼ੁਲਾਸੇ ਸਾਹਮਣੇ ਆ ਰਹੇ ਹਨ। ਪੁਲਸ ਸੂਤਰਾਂ ਮੁਤਾਬਕ ਪੁੱਛਗਿੱਛ ‘ਚ ਕਈ ਖ਼ੁਲਾਸੇ ਹੋਏ ਹਨ ਕਿ ਜੇਲ੍ਹ ‘ਚ ਬੰਦ ਗੈਂਗਸਟਰ ਕਿਸ ਤਰ੍ਹਾਂ ਡਰਾਉਣ ਦੀ ਯੋਜਨਾ ਬਣਾ ਰਹੇ ਹਨ।

ਪੰਜਾਬ ਪੁਲਸ ਦੇ ਸੂਤਰਾਂ ਅਨੁਸਾਰ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਪਿਛਲੇ ਦਿਨੀਂ ਧਮਕੀਆਂ ਮਿਲੀਆਂ ਸਨ। ਗਾਇਕ ਮਨਕੀਰਤ ਔਲਖ ਸਮੇਤ ਤਿੰਨ ਤੋਂ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ। ਹਾਲਾਂਕਿ ਪੁਲਸ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਸੂਤਰਾਂ ਅਨੁਸਾਰ ਜਲਦ ਹੀ ਮਨਕੀਰਤ ਔਲਖ ਸਮੇਤ ਤਿੰਨ ਤੋਂ ਚਾਰ ਗਾਇਕ ਸੁਰੱਖਿਆ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਸਕਦੇ ਹਨ।